ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਅਨੂਪ ਸਿੰਘ ਘੁੰਮਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਲ


 ਸਰਦਾਰ ਘੁੰਮਣ ਨੇ ਕਮੇਟੀ ਦੀ ਮੌਜੂਦਾ ਟੀਮ ਦੇ ਸਾਫ ਸੁਥਰੇ ਕੰਮਾਂ ਨੂੰ ਵੇਖਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ


ਨਵੀਂ ਦਿੱਲੀ, 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਦਿੱਲੀ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਦਾਰ ਅਨੂਪ ਸਿੰਘ ਘੁੰਮਣ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਲਕਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ।
ਸਰਦਾਰ ਘੁੰਮਣ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਉਹਨਾਂ ਨੂੰ ਪਾਰਟੀ ਅਤੇ ਕਮੇਟੀ ਵਿਚ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ’ਤੇ ਬਹੁਤ ਵੱਡੀ ਪੱਧਰ ’ਤੇ ਸਮਾਗਮ ਕੀਤੇ ਜਾਣੇ ਹਨ ਜਿਸ ਵਿਚ ਇਹਨਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ।ਉਹਨਾਂ ਇਹ ਵੀ ਕਿਹਾ ਕਿ ਅੱਜ ਅਕਾਲੀ ਦਲ ਦੇ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ’ਤੇ ਪਾਰਟੀ ਵਿਚ ਕਾਫੀ ਮਾਯੂਸੀ ਹੈ ਤੇ ਇਹ ਮਾਯੂਸੀ ਨਿਰੰਤਰ ਵੱਧ ਰਹੀ ਹੈ ਜਿਸ ਕਾਰਣ ਆਗੂ ਪਾਰਟੀ ਛੱਡਣ ਲਈ ਅੱਗੇ ਆ ਰਹੇ ਹਨ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਦਾਰ ਘੁੰਮਣ ਨੇ ਮੌਜੂਦਾ ਟੀਮ ਦੇ ਸਾਫ ਸੁਥਰੇ ਅਕਸ ਤੇ ਕੰਮਾਂ ਅਤੇ ਸੰਗਤ ਦੀ ਕੀਤੀ ਜਾ ਰਹੀ ਸੇਵਾ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਜੋ ਸੰਗਤ ਦੀ ਸੇਵਾ ਵਾਸਤੇ ਲਿਆ ਗਿਆ ਬਹੁਤ ਵੱਡਾ ਫੈਸਲਾ ਹੈ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਹੋਰ ਵੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਸਰਦਾਰ ਅਨੂਪ ਸਿੰਘ ਘੁੰਮਣ ਨੇ ਕਿਹਾ ਕਿ ਸੰਗਤ ਨੇ ਦਿੱਲੀ ਕਮੇਟੀ ਚੋਣਾਂ ਵਿਚ ਉਹਨਾਂ ਨੂੰ ਮੈਂਬਰ ਚੁਣਿਆ ਸੀ ਪਰ ਉਹ ਪਿਛਲੇ ਤਿੰਨ ਸਾਲਾਂ ਤੋਂ ਘਰ ਬੈਠੇ ਸਨ ਕਿਉਂਕਿ ਉਹਨਾਂ ਦੀ ਪਾਰਟੀ ਕਮੇਟੀ ਦੀ ਸੇਵਾ ਤੋਂ ਬਾਹਰ ਸੀ। ਉਹਨਾਂ ਕਿਹਾ ਕਿ ਹੁਣ ਉਹਨਾਂ ਨੇ ਫੈਸਲਾ ਲਿਆ ਹੈ ਕਿ ਜਦੋਂ ਇਕ ਸਾਲ ਦਾ ਹੀ ਸਮਾਂ ਰਹਿ ਗਿਆ ਹੈ ਤਾਂ ਸੰਗਤਾਂ ਦੇ ਕੰਮ ਵਾਸਤੇ ਤੇ ਸੰਗਤ ਦੀ ਸੇਵਾ ਵਾਸਤੇ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਏ ਹਨ ਤੇ ਵੱਧ ਚੜ੍ਹ ਕੇ ਸੰਗਤ ਦੀ ਸੇਵਾ ਕਰਨਗੇ।
----------

No comments:

Post a Comment

Note: Only a member of this blog may post a comment.